ਵਾਦੀ ‘ਚ ਹਿੰਸਾ ਮਗਰੋਂ ਭਾਰਤ ਤੇ ਪਾਕਿਸਤਾਨ ‘ਚ ਤਲਖ਼ੀ

ਕੌਮੀ ਸੁਰੱਖਿਆ ਸਲਾਹਕਾਰ ਡੋਵਾਲ ਵਿਦੇਸ਼ ਦੌਰੇ ਤੋਂ ਵਤਨ ਤਲਬ
ਰਾਜਨਾਥ ਨੇ ਵਿਦੇਸ਼ ਦੌਰਾ ਰੱਦ ਕੀਤਾ, ਮੋਦੀ ਨੇ ਕੀਤੀ ਸ਼ਾਂਤੀ ਦੀ ਅਪੀਲ
ਮੌਤਾਂ ਦੀ ਗਿਣਤੀ 32 ਹੋਈ
ਸ੍ਰੀਨਗਰ (ਨਦਬ) : ਕਸ਼ਮੀਰ ਵਾਦੀ ‘ਚ ਹਿੰਸਾ ਦਾ ਦੌਰ ਲਗਾਤਾਰ ਚੌਥੇ ਦਿਨ ਵੀ ਜਾਰੀ ਰਿਹਾ ਅਤੇ ਮੌਤਾਂ ਦੀ ਗਿਣਤੀ ਵੱਧ ਕੇ 32 ‘ਤੇ ਪਹੁੰਚ ਗਈ ਹੈ। ਕੇਂਦਰ ਨੇ ਹਾਲਾਤ ਆਮ ਵਰਗੇ ਬਣਾਉਣ ਲਈ ਕੌਮੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ ਨੂੰ ਕੀਨੀਆ ਤੋਂ ਦੇਸ਼ ਵਾਪਸ ਸੱਦ ਲਿਆ ਹੈ, ਜਦਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਅਮਰੀਕਾ ਦੌਰਾ ਰੱਦ ਹੋ ਗਿਆ ਹੈ। ਵਿਦੇਸ਼ ਤੋਂ ਵਤਨ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਂਤੀ ਦੀ ਅਪੀਲ ਕੀਤੀ ਹੈ। ਡੋਭਾਲ ਨੇ ਆਉਂਦਿਆਂ ਹੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਰੱਖਿਆ ਮੰਤਰੀ ਮਨੋਹਰ ਪਰੀਕਰ, ਵਿੱਤ ਮੰਤਰੀ ਅਰੁਣ ਜੇਤਲੀ ਅਤੇ ਹੋਰ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ। ਡੋਵਾਲ ਪ੍ਰਧਾਨ ਮੰਤਰੀ ਨਾਲ ਚਾਰ ਅਫ਼ਰੀਕੀ ਮੁਲਕਾਂ ਦੇ ਦੌਰੇ ‘ਤੇ ਗਏ ਸਨ।
ਉਧਰ ਇਸ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਪੈਦਾ ਹੋ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਵਧੀਕੀਆਂ ਕਰ ਕੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜਦਕਿ ਪਾਕਿਸਤਾਨ ਵੱਲੋਂ ਕੀਤੀ ਗਈ ਤਿੱਖੀ ਟਿੱਪਣੀ ‘ਤੇ ਪ੍ਰਤੀਕਰਮ ਦਿੰਦਿਆਂ ਭਾਰਤ ਨੇ ਪਾਕਿਸਤਾਨ ਨੂੰ ਆਪਣੇ ਗੁਆਂਢੀਆਂ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲ ਦੇਣ ਤੋਂ ਬਾਜ਼ ਆਉਣ ਲਈ ਕਿਹਾ ਹੈ। ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਅਤਿਵਾਦ ਨੂੰ ਸ਼ਹਿ ਦੇਣ ਤੋਂ ਬਾਜ਼ ਨਹੀਂ ਆ ਰਿਹਾ ਅਤੇ ਉਹ ਅਤਿਵਾਦ ਨੂੰ ਹਥਿਆਰ ਵਜੋਂ ਵਰਤ ਰਿਹਾ ਹੈ। ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨਰ ਗੌਤਮ ਬੰਬਾਵਾਲੇ ਨੂੰ ਬੁਲਾ ਕੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ।