fbpx Nawidunia - Kul Sansar Ek Parivar

ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਸਿੱਧਾ ਆਢਾ ਲਾਉਣ ਦਾ ਕੀਤਾ ਐਲਾਨ

ਚੰਡੀਗੜ੍ਹ (ਦਵਿੰਦਰ ਪਾਲ) ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਵਾਰਤਾ ਨਾਕਾਮ ਰਹਿਣ ਮਗਰੋਂ ਕੈਪਟਨ ਸਰਕਾਰ ਨੂੰ ਦਿੱਤੀ ਚਿਤਾਵਨੀ ਵਾਪਸ ਲੈਂਦਿਆਂ ਕੇਂਦਰ ਸਰਕਾਰ ਨਾਲ ਸਿੱਧਾ ਆਢਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਕਿਸੇ ਵੀ ਤਰ੍ਹਾਂ ਦੇ ਬਿੱਲ ’ਤੇ ਦਸਤਖ਼ਤ ਕਰਨ ਤੋਂ ਨਾਂਹ ਨੁੱਕਰ ਕੀਤੀ ਤਾਂ ਉਨ੍ਹਾਂ ਦਾ ਵੀ ਘਿਰਾਓ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਅੱਜ ਇੱਥੇ ਸਾਂਝੀ ਮੀਟਿੰਗ ਦੌਰਾਨ ਰੇਲ ਮਾਰਗਾਂ ’ਤੇ ਲੱਗੇ ਨਾਕੇ 20 ਅਕਤੂਬਰ ਤੱਕ ਵਧਾਉਣ, 17 ਅਕਤੂਬਰ ਨੂੰ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕਣ, ਭਾਜਪਾ ਦੇ ਪੰਜਾਬ ਵਿਚਲੇ ਆਗੂਆਂ ਦੇ ਘਰਾਂ ਮੂਹਰੇ ਪ੍ਰਦਰਸ਼ਨ ਵਧਾਉਣ ਅਤੇ ਤਹਿਸੀਲ ਤੇ ਜ਼ਿਲ੍ਹਾ ਪੱਧਰੀ ਆਗੂਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਜਪਾ ਆਗੂਆਂ ਨੂੰ ਪੰਜਾਬ ਵਿੱਚ ਬਿੱਲਾਂ ਦੇ ਪੱਖ ’ਚ ਮੀਟਿੰਗਾਂ ਨਹੀਂ ਕਰਨ ਦਿੱਤੀਆਂ ਜਾਣਗੀਆਂ। ਕਿਸਾਨਾਂ ਨੇ ਪੰਜਾਬ ਸਰਕਾਰ ਦਾ ਰੁਖ਼ ਦੇਖਣ ਲਈ ਵਿਧਾਨ ਸਭਾ ਦੇ ਸੈਸ਼ਨ ’ਤੇ ਟੇਕ ਰੱਖੀ ਹੋਈ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਵਿੱਚ ਮੋਦੀ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਜੋ ਸਲੂਕ ਕੀਤਾ ਗਿਆ ਹੈ, ਉਸ ਨੇ ਕਿਸਾਨਾਂ ’ਚ ਰੋਹ ਹੋਰ ਵਧਾਇਆ ਹੈ। ਇਸ ਲਈ ਜਥੇਬੰਦੀਆਂ ਨੇ ਅੰਦੋਲਨ ਨੂੰ ਵਧਾਉਣ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇਜ਼ ਕਰਨ ਦਾ ਫ਼ੈਸਲਾ ਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸਮਝਾਉਣ ਦਾ ਜੋ ਰਾਹ ਫੜਿਆ ਹੈ ਉਹ ਹੈਂਕੜ ਭਰਿਆ ਹੈ ਤੇ ਭਾਜਪਾ ਵੱਲੋਂ ਕਿਸਾਨਾਂ ਨੂੰ ਸਮਝਾਉਣ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿੱਚ 29 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਜਥੇਬੰਦੀਆਂ ਵੱਲੋਂ ਅੰਦੋਲਨ ਦੀ ਸਮੀਖਿਆ ਕਰਨ ਲਈ 20 ਅਕਤੂਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਮੰਤਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ 19 ਅਕਤੂਬਰ ਨੂੰ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਸਬੰਧੀ ਸਰਕਾਰ ਮਹੱਤਵਪੂਰਨ ਫ਼ੈਸਲਾ ਕਰੇਗੀ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵਾਪਸ ਲੈ ਲਈ ਗਈ ਹੈ ਤੇ ਜੇਕਰ ਵਿਧਾਨ ਸਭਾ ਵੱਲੋਂ ਪਾਸ ਕੀਤੇ ਕਿਸੇ ਵੀ ਕਾਨੂੰਨੀ ਦਸਤਾਵੇਜ਼ ’ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਦਸਤਖਤ ਨਾ ਕੀਤੇ ਤਾਂ ਕਿਸਾਨ ਜਥੇਬੰਦੀਆਂ ਦਾ ਸਿੱਧਾ ਰੁਖ਼ ਰਾਜਪਾਲ ਵੱਲ ਹੋ ਜਾਵੇਗਾ।

ਕਿਸਾਨਾਂ ਵੱਲੋਂ 150 ਥਾਵਾਂ ’ਤੇ ਧਰਨਾ-ਪ੍ਰਦਰਸ਼ਨ

ਪਹਿਲੀ ਅਕਤੂਬਰ ਤੋਂ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਅੰਦੋਲਨ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ 150 ਦੇ ਕਰੀਬ ਥਾਵਾਂ ’ਤੇ ਧਰਨਾ ਪ੍ਰਦਰਸ਼ਨ ਕੀਤੇ। ਕਿਸਾਨਾਂ ਵੱਲੋਂ ਰੇਲ ਮਾਰਗਾਂ, ਭਾਜਪਾ ਆਗੂਆਂ ਦੇ ਘਰਾਂ, ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਅਤੇ ਟੌਲ ਪਲਾਜ਼ਿਆਂ ਅੱਗੇ ਮੁਜ਼ਾਹਰੇ ਜਾਰੀ ਰਹੇ। ਫਿਰੋਜ਼ਪੁਰ ਤੇ ਅੰਮ੍ਰਿਤਸਰ ਵਿੱਚ ਰੇਲ ਲਾਈਨਾਂ ’ਤੇ 24 ਸਤੰਬਰ ਤੋਂ ਲਾਏ ਪੱਕੇ ਮੋਰਚੇ ਵੀ ਜਾਰੀ ਰਹੇ। ਕਿਸਾਨਾਂ ਦਾ ਅੰਦੋਲਨ ਹੋਰ ਵੀ ਲੰਮਾ ਚੱਲਣ ਦੇ ਆਸਾਰ ਬਣਦੇ ਜਾ ਰਹੇ ਹਨ।

ਕਿਸਾਨਾਂ ਵਿਰੁੱਧ ਕਤਲ ਕੇਸ ਦਰਜ

ਅੰਬਾਲਾ (ਰਤਨ ਸਿੰਘ ਢਿੱਲੋਂ):ਭਾਜਪਾ ਵੱਲੋਂ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਨਰਾਇਣਗੜ੍ਹ ਤੋਂ ਸ਼ਾਹਜ਼ਾਦਪੁਰ ਤੱਕ ਕੱਢੀ ਟ੍ਰੈਕਟਰ ਰੈਲੀ ਦਾ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੀਤੇ ਗਏ ਵਿਰੋਧ ਦੌਰਾਨ ਟਰੈਕਟਰ ਸਵਾਰ ਭਾਜਪਾ ਸਮਰਥਕ ਭਰਤ ਸਿੰਘ (72) ਨਿਵਾਸੀ ਬੜਾਗੜ੍ਹ ਦੀ ਮੌਤ ਨੂੰ ਲੈ ਕੇ ਮ੍ਰਿਤਕ ਕਿਸਾਨ ਦੇ ਪੁੱਤਰ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਨਰਾਇਣਗੜ੍ਹ ਪੁਲੀਸ ਨੇ ਕਿਸਾਨ ਯੂਨੀਅਨ ਦੇ ਆਗੂਆਂ ਮਲਕੀਤ ਸਿੰਘ, ਫਕੀਰ ਚੰਦ ਬੁਢਾਖੇੜਾ, ਅਮਰਜੀਤ, ਜੈ ਸਿੰਘ ਜਲਬੇੜਾ, ਸੁਖਵਿੰਦਰ ਸਿੰਘ ਜਲਬੇੜਾ ਆਦਿ ਖ਼ਿਲਾਫ਼ ਕਤਲ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਭਰਤ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

Share this post

Leave a Reply

Your email address will not be published. Required fields are marked *