ਅਕਾਲੀ ਦਲ ਨੂੰ ਝਟਕਾ, ਕੇਂਦਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਸੁਰੱਖਿਆ ਲਈ ਵਾਪਸ

ਚੰਡੀਗੜ੍ਹ : ਭਾਜਪਾ ਤੋਂ ਨਾਤਾ ਤੋੜ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਕੇਂਦਰ ਸਰਕਾਰ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਸੁਰੱਖਿਆ ਵਾਪਸ ਲੈ ਲਈ ਹੈ। ਕੇਂਦਰ ਤੋਂ ਭੇਜੇ ਗਏ ਪੱਤਰ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਇਹ ਤੈਅ ਕੀਤਾ ਜਾ ਸਕੇ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਕਰਾਰ ਦਿੱਤਾ ਹੈ।
ਮਜੀਠੀਆ ਨੂੰ ਕੇਂਦਰ ਸਰਕਾਰ ਤੋਂ ਜ਼ੈੱਡ ਸ਼੍ਰੇਣੀ ਸੁਰੱਖਿਆ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਅਪੀਲ ‘ਤੇ ਪ੍ਰਦਾਨ ਕੀਤੀ ਗਈ ਸੀ। ਮਜੀਠੀਆ ਨੂੰ ਗੈਂਗਸਟਰਾਂ ਅਤੇ ਵਿਦੇਸ਼ਾਂ ਵਿਚ ਲੁਕੇ ਅਰਾਜਕ ਤੱਤਾਂ ਤੋਂ ਲਗਾਤਾਰ ਧਮਕੀਆਂ ਮਿਲਣ ਕਾਰਨ ਅਕਾਲੀ-ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਇਸ ਸੁਰੱਖਿਆ ਤਹਿਤ ਮਜੀਠੀਆ ਨੂੰ ਸੀ.ਆਈ.ਐਸ.ਐਫ. ਦੇ 30-40 ਜਵਾਨ ਅਤੇ ਦੋ ਐਸਕਾਰਟ ਵਾਹਨ ਮੁਹੱਈਆ ਕਰਵਾਏ ਗਏ ਸਨ। ਪਰ ਕੇਂਦਰ ਦੇ ਨਵੇਂ ਆਦੇਸ਼ ਤੋਂ ਬਾਅਦ ਇਹ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਹੁਣ ਮਜੀਠੀਆ ਦੀ ਸੁਰੱਖਿਆ ਸਿਰਫ਼ ਪੰਜਾਬ ਪੁਲੀਸ ਦੇ ਅਧੀਨ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਯੂਥ ਅਕਾਲੀ ਦਲ ਨੇ ਰਾਜਪੁਰਾ ਵਿਚ ਭਾਜਪਾ ਆਗੂ ਦਾ ਪੁਤਲਾ ਸਾੜਿਆ ਸੀ। ਉਸ ਦੇ ਕੁਝ ਦਿਨਾਂ ਬਾਅਦ ਕੇਂਦਰ ਦੇ ਇਸ ਫ਼ੈਸਲੇ ਨੂੰ ਭਾਜਪਾ ਦੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਦੋਵੇਂ ਦਲਾਂ ਵਿਚਾਲੇ ਸਿਆਸੀ ਖਿਚੋਤਾਣ ਹੋਰ ਤੇਜ਼ ਹੋ ਸਕਦੀ ਹੈ। ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਚ ਸ਼ੁਰੂ ਹੋਏ ਕਿਸਾਨ ਅੰਦੋਲਨ ਕਾਰਨ ਅਕਾਲੀ ਦਲ ਨੇ 1992 ਤੋਂ ਭਾਜਪਾ ਨਾਲ ਚਲਿਆ ਆ ਰਿਹਾ ਗਠਜੋੜ ਤੋੜ ਦਿੱਤਾ ਹੈ।