fbpx Nawidunia - Kul Sansar Ek Parivar

ਦਿੱਲੀ ਬਾਰਡਰ: ਲੋਹੜੀ ਦੁੱਲਾ ਭੱਟੀ ਨੂੰ ਸਮਰਪਤ, ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਅੱਜ ਸਿੰਘੂ-ਕੁੰਡਲੀ ਬਾਰਡਰ ਉੱਤੇ ਪੱਕੇ ਮੋਰਚੇ ਦੇ 50ਵੇਂ ਦਿਨ ਕਿਸਾਨਾਂ ਦੇ ਵਿਸ਼ਾਲ ਇਕੱਠ ਨੇ ਲੋਹੜੀ ਦੇ ਤਿਉਹਾਰ ਦੁੱਲਾ ਭੱਟੀ ਨੂੰ ਸਮਰਪਤ ਕੀਤਾ ਅਤੇ ਧੂਣੀਆਂ ਬਾਲ ਕੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਗਈਆਂ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਲੱਖਾਂ ਕਿਸਾਨਾਂ-ਮਜ਼ਦੂਰਾਂ ਵੱਲੋਂ ਲੋਹੜੀ ਦੇ ਤਿਉਹਾਰ  ਉੱਤੇ ਵਿਸ਼ਾਲ ਇਕੱਠ ਕਰਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਅਗਨ-ਭੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਮਾਰਚ ਵਿੱਚ ਸ਼ਾਮਲ ਹੋਣ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਮੁਗਲ ਹਾਕਮਾਂ ਵੱਲੋਂ ਕਿਸਾਨਾਂ ਉੱਤੇ ਢਾਹੇ ਜਬਰ-ਜ਼ੁਲਮ ਖ਼ਿਲਾਫ਼ ਲੜਨ ਵਾਲੇ ਕਿਸਾਨ ਨਾਇਕ ਦੁੱਲਾ ਭੱਟੀ ਨੂੰ ਯਾਦ ਕੀਤਾ। ਇਸ ਮੌਕੇ ’ਤੇ ਪੰਜਾਬ ਤੋਂ 10 ਹਜ਼ਾਰ ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦਾ ਜੱਥਾ ਪੱਕੇ ਮੋਰਚੇ ਵਿੱਚ ਸ਼ਾਮਲ ਹੋਇਆ। ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਦੇ ਹੱਲ ਲਈ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਸਰਕਾਰੀ ਕਮੇਟੀ ਕਹਿੰਦਿਆਂ ਇਸ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਕਿਸਾਨ ਅੰਦੋਲਨ ਨੂੰ ਖੇਤੀ ਦੇ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰੱਖਣ ਤੇ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਮਾਘੀ ਦੇ ਦਿਹਾੜੇ ਨੂੰ ਮੁਕਤਸਰ ਦੇ ਚਾਲੀ ਮੁਕਤਿਆਂ ਨੂੰ ਸਮਰਪਿਤ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਦਿਨ ਸਟੇਜ ਤੋਂ ਸਾਰਾ ਦਿਨ ਸ਼ਬਦ-ਕੀਰਤਨ ਜਾਰੀ ਰੱਖਿਆ ਜਾਵੇਗਾ।

Share this post

Leave a Reply

Your email address will not be published. Required fields are marked *