fbpx Nawidunia - Kul Sansar Ek Parivar

ਦਿੱਲੀ ਪੁਲੀਸ ਨੇ ਰੁਲਦੂ ਸਿੰਘ ਦੀ ਕਾਰ ਦੇ ਸ਼ੀਸ਼ੇ ਭੰਨੇ, ਕਿਸਾਨ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਹੋਣ ਵਾਲੀ 11ਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਅੱਜ ਕਿਸਾਨ ਆਗੂਆਂ ਨੇ ਦਿੱਲੀ ਪੁਲੀਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦਾਅਵਾ ਕੀਤਾ ਕਿ ਦਿੱਲੀ ਪੁਲੀਸ ਨੇ ਉਹਦੀ ਕਾਰ ਦਾ ਸ਼ੀਸ਼ਾ ਭੰਨ ਦਿੱਤਾ ਹੈ। ਬਲਦੇਵ ਸਿੰਘ ਸਿਰਸਾ ਨੇ ਕਿਹਾ ਪਹਿਲਾਂ ਰੁਲਦੂ ਸਿੰਘ ਮਾਨਸਾ ਨਾਲ ਬਦਸਲੂਕੀ ਕੀਤੀ ਗਈ ਤੇ ਮਗਰੋਂ ਪੁਲੀਸ ਦੀ ਸ਼ਹਿ ’ਤੇ ਕਿਸਾਨ ਆਗੂ ਦੀ ਕਾਰ ਦਾ ਸ਼ੀਸ਼ਾ ਭੰਨਿਆ ਗਿਆ। ਪੁਲੀਸ ਨੇ ਸੁਰੱਖਿਆ ਦੇ ਨਾਂ ਉਤੇ ਥਾਂ ਥਾਂ ਤੰਗ ਕੀਤਾ।

ਚੇਤੇ ਰਹੇ ਕਿ ਮੋਰਚੇ ਨੇ ਲੰਘੇ ਦਿਨ ਚਾਰ ਘੰਟੇ ਦੀ ਵਿਚਾਰ ਚਰਚਾ ਮਗਰੋਂ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਤਜਵੀਜ਼ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਸੀ। ਕਿਸਾਨਾਂ ਨੇ ਸਾਫ਼ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੋਂ ਛੁੱਟ ਕੁਝ ਵੀ ਮਨਜ਼ੂਰ ਨਹੀਂ ਤੇ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਮਾਰਚ ਨੂੰ ਪਹਿਲਾਂ ਮਿੱਥੇ ਰੂਟ ਮੁਤਾਬਕ ਆਊਟਰ ਰਿੰਗ ਰੋਡ ਤੋਂ ਕੱਢਣ ਲਈ ਦ੍ਰਿੜ੍ਹ ਹਨ। ਮੀਟਿੰਗ ਉਪਰੰਤ ਕਿਸਾਨ ਦਿੱਲੀ ਟਰੈਫਿਕ ਪੁਲੀਸ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨਗੇ। ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਾਨੂੰਨ ਵਾਪਸ ਕੀਤੇ ਬਿਨਾਂ ਕਿਸਾਨ ਘਰਾਂ ਨੂੰ ਨਹੀਂ ਪਰਤਣਗੇ।

ਕਿਸਾਨ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ :

ਨਵੀਂ ਦਿੱਲੀ: ਖੇਤੀ ਕਾਨੂੰਨਾਂ ਬਾਰੇ ਕੇਂਦਰੀ ਮੰਤਰੀਆਂ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਵਿੱਚੋਂ ਵੱਡੀ ਖ਼ਬਰ ਆ ਰਹੀ ਹੈ। ਕਿਸਾਨ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਲੀਡਰ ਡਾ. ਦਰਸ਼ਨਪਾਲ ਤੇ ਰਾਜੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਮੋਬਾਈਲ ਉੱਪਰ ਲਗਾਤਾਰ ਧਮਕਾਇਆ ਜਾ ਰਿਹਾ ਹੈ।

ਕਿਸਾਨ ਲੀਡਰਾਂ ਨੇ ਮੰਤਰੀਆਂ ਨੂੰ ਦੱਸਿਆ ਕਿ ਫੋਨ ਉੱਪਰ ਗਾਲਾਂ ਕੱਢੀਆਂ ਜਾ ਰਹੀਆਂ ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਨਾਰਾਜ਼ ਕਿਸਾਨ ਯੂਨੀਅਨ ਨੇਤਾਵਾਂ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਵੀ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Share this post

Leave a Reply

Your email address will not be published. Required fields are marked *