ਸਿੰਘੂ ਬਾਰਡਰ ’ਤੇ ਕਿਸਾਨਾਂ ‘ਤੇ ਹੋਏ ਹਮਲੇ ਬਾਰੇ ਅਦਾਲਤ ਨੇ ਕੇਂਦਰ ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ: ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਉੱਪਰ ਹੋਏ ਹਮਲੇ ਬਾਰੇ ਦਿੱਲੀ ਹਾਈਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਤੋਂ ਰਿਪੋਰਟ ਤਲਬ ਕਰ ਲਈ ਹੈ। ਇਹ ਹਮਲਾ 29 ਜਨਵਰੀ ਨੂੰ ਹੋਇਆ ਸੀ। ਇਸ ਮਗਰੋਂ ਹਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਉਣ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਇਸ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗ ਲਿਆ ਹੈ।

ਦੱਸ ਦਈਏ ਕਿ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ 29 ਜਨਵਰੀ ਨੂੰ ਸਿੰਘੂ ਸਰਹੱਦ ’ਤੇ ਬੈਠੇ ਕਿਸਾਨਾਂ ’ਤੇ ਪੁਲਿਸ ਦੀ ਸਹਾਇਤਾ ਨਾਲ ਕੁਝ ਲੋਕਾਂ ਨੇ ਹਮਲਾ ਕੀਤਾ ਸੀ। ਪਟੀਸ਼ਨਰ ਨੇ ਕਿਹਾ ਕਿ ਹਮਲੇ ਦੇ ਸਬੰਧ ਵਿੱਚ ਦਿੱਲੀ ਪੁਲੀਸ ਦੇ ਅਧਿਕਾਰੀਆਂ ਤੇ ਹਮਲਾਵਰਾਂ ਖ਼ਿਲਾਫ਼ ਅਲੀਪੁਰ ਪੁਲਿਸ ਸਟੇਸ਼ਨ ਵਿੱਚ ਫੌਜਦਾਰੀ ਧਾਰਾਵਾਂ ਤਹਿਤ ਸ਼ਿਕਾਇਤ ਦਰਜ ਕੀਤੀ ਗਈ ਸੀ, ਪਰ ਅਜੇ ਤੱਕ ਇਸ ਮਾਮਲੇ ਵਿੱਚ ਕੁਝ ਨਹੀਂ ਹੋਇਆ।

ਇਸ ਲਈ ਕਿਸੇ ਪਾਸਿਓਂ ਕੋਈ ਰਾਹਤ ਨਾ ਮਿਲਣ ਮਗਰੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ਵਿੱਚ ਘਟਨਾ ਦੀ ਵੀਡੀਓ ਫੁਟੇਜ ਨੂੰ ਸੰਭਾਲ ਕੇ ਰੱਖੇ ਜਾਣ ਦੀ ਵੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ 26 ਜਨਵਰੀ ਨੂੰ ਲਾਲ ਕਿਲੇ ਦੀ ਘਟਨਾ ਮਗਰੋਂ ਸਿੰਘੂ ਸਰਹੱਦ ’ਤੇ ਬੈਠੇ ਕਿਸਾਨਾਂ ਉੱਪਰ 29 ਜਨਵਰੀ ਨੂੰ ਪਥਰਾਅ ਹੋਇਆ ਸੀ। ਕਿਸਾਨਾਂ ਦਾ ਇਲਜ਼ਾਮ ਸੀ ਕਿ ਇਹ ਬੀਜੇਪੀ ਦੀ ਹਮਾਇਤੀ ਸੀ ਤੇ ਪੁਲਿਸ ਦੀ ਉਨ੍ਹਾਂ ਨੂੰ ਸ਼ਹਿ ਸੀ।

Leave a Reply

Your email address will not be published. Required fields are marked *