ਸਿੱਖ ਕਤਲੇਆਮ : ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਕੇਸ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਮੈਡੀਕਲ ਆਧਾਰ ‘ਤੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਬੀਆਈ ਨੇ ਅਦਾਲਤ ਵਿੱਚ ਮੈਡੀਕਲ ਰਿਪੋਰਟ ਦਾਇਰ ਕੀਤੀ ਹੈ। ਸੀਬੀਆਈ ਨੇ ਮੈਡੀਕਲ ਰਿਪੋਰਟ ਵਿੱਚ ਕਿਹਾ ਕਿ ਸੱਜਣ ਕੁਮਾਰ ਦੀ ਸਿਹਤ ਸਥਿਰ ਹੈ। ਉਸ ਦਾ ਇਲਾਜ ਚੱਲ ਰਿਹਾ ਹੈ ਤੇ ਉਹ ਠੀਕ ਹੋ ਰਿਹਾ ਹੈ।

ਸੀਬੀਆਈ ਨੇ ਕਿਹਾ ਕਿ ਸੱਜਣ ਕੁਮਾਰ ਦੇ ਵਕੀਲ ਨੇ ਦੱਸਿਆ ਹੈ ਕਿ ਉਹ ਮੇਦਾਂਤਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਉਹ ਹਿਰਾਸਤ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਅਜਿਹੇ ਬਿਮਾਰ ਨਹੀਂ ਜਿਨ੍ਹਾਂ ਨੂੰ ਖਾਸ ਇਲਾਜ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਉਹ ਜੇਲ੍ਹ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਆਪਣਾ ਇਲਾਜ ਕਰਵਾ ਸਕਦਾ ਹੈ।

ਦੱਸ ਦੇਈਏ ਕਿ ਸੱਜਣ ਕੁਮਾਰ ਨੇ ਮੈਡੀਕਲ ਆਧਾਰ ‘ਤੇ ਅੰਤ੍ਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਸੱਜਣ ਕੁਮਾਰ ਵੱਲੋਂ ਵਿਕਾਸ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਲ ਨੂੰ ਮੈਡੀਕਲ ਆਧਾਰਾਂ ‘ਤੇ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਵਿਕਾਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬਹੁਤ ਜ਼ਿਆਦਾ ਭਾਰ ਘਟ ਗਿਆ ਹੈ ਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਣ ਦੀ ਜ਼ਰੂਰਤ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਸਿੱਖਾਂ ਵਿਰੁੱਧ ਹਿੰਸਾ ਭੜਕ ਉੱਠੀ ਸੀ। ਦਿੱਲੀ ਹਾਈਕੋਰਟ ਨੇ ਦਸੰਬਰ 2018 ਵਿੱਚ ਦਿੱਲੀ ਦੰਗਿਆਂ ਦੇ ਲਈ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਬਾਅਦ ਤੋਂ ਸੱਜਣ ਕੁਮਾਰ ਜੇਲ੍ਹ ਵਿੱਚ ਹੈ। ਸਾਲ 2013 ਵਿੱਚ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਨੂੰ ਪਲਟ ਦਿੱਤਾ ਸੀ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ।

Leave a Reply

Your email address will not be published. Required fields are marked *